ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ ਸਿਰਫ ਇਕ ਚੈਨਲ ਨੂੰ ਦਿੱਤੇ ਜਾਣ ਦੇ ਤਰਕ ‘ਤੇ ਸਵਾਲ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਇੱਕ ਟਵੀਟ ਕੀਤਾ ਸੀ ਦੱਸ ਦਈਏ ਕਿ ਹੁਣ ਇਸ ਟਵੀਟ ਦਾ ਜਵਾਬ ਦਿੰਦੇ ਹੋਏ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦੇ ਹੋਏ ਕਿਹਾ ਕਿ, “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ ‘ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ। ਸਰਕਾਰ ਦੇ ਅਧਿਕਾਰ ਖੇਤਰ ਵਿੱਚ ਤੁਹਾਡੀ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ।”
ਇਸਦੇ ਨਾਲ ਹੀ ਉਹਨਾਂ ਕਿਹਾ ਕਿ, “ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ। ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿਚ ਨਾ ਪਾਓ।”
ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..







