ਜਲੰਧਰ 13/ਨਵੰਬਰ (ਡੀਡੀ ਨਿਊਜ਼ਪੇਪਰ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਸ਼੍ਰੀ ਫਤਿਹਗੜ੍ਹ ਸਾਹਿਬ, ਦਰਸ਼ੀਕਾਂਤ ਰਾਜਪੁਰਾ, ਕੰਵਲਜੀਤ ਸਿੰਘ ਰੋਪੜ, ਡਿੰਪਲ ਰੋਹੇਲਾ ਆਗੂਆਂ ਵੱਲੋਂ ਸਾਂਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ। ਆਗੂਆਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਉਹਨਾਂ ਦੀ ਸਰਕਾਰ ਬਣਨ ਤੋਂ ਬਾਅਦ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ। ਭਗਵੰਤ ਮਾਨ ਸਰਕਾਰ ਵੱਲੋਂ ਚਾਹੇ 18 ਨਵੰਬਰ 2022 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਕਾਗਜ਼ੀ ਜੁਮਲਾ ਜਾਰੀ ਕੀਤਾ ਗਿਆ ਪਰ ਬੜੇ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਕਾਗਜੀ ਜੁਮਲੇ ਦਾ ਦੂਜੇ ਪ੍ਰਾਂਤਾਂ ਦੀਆਂ ਵੋਟਾਂ ਸਮੇਂ ਰੱਜ ਕੇ ਚੋਣ ਪ੍ਰਚਾਰ ਕੀਤਾ ਗਿਆ ਤੇ ਦੂਜੇ ਪ੍ਰਾਂਤਾਂ ਦੇ ਵੋਟਰਾਂ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਗਿਆ। ਹੁਣ ਪੰਜਾਬ ਦੇ ਮੁਲਾਜ਼ਮ ਵਰਗ ਦਾ ਸਬਰ ਟੁੱਟ ਗਿਆ। ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਕਿਉਂਕਿ ਸਰਕਾਰ ਬਣਨ ਦੇ 2 ਸਾਲ 9 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ ਗਿਆ ਅਤੇ ਨਾ ਹੀ ਜੀਪੀਐਫ ਦੀ ਕਟੌਤੀ ਸ਼ੁਰੂ ਕੀਤੀ ਗਈ ਹੈ। ਪੰਜਾਬ ਦੀ ਐਨਪੀਐਸ ਮੁਲਾਜ਼ਮ ਆਪਣੇ ਆਪ ਨੂੰ ਪੰਜਾਬ ਸਰਕਾਰ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਤੇ ਪੰਜਾਬ ਸਰਕਾਰ ਪ੍ਰਤੀ ਨਿਰਾਸ਼ਾ ਵਿੱਚ ਚੱਲ ਰਹੇ ਹਨ। ਆਗੂਆਂ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਕੈਬਨਟ ਸਬ ਕਮੇਟੀ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਤੇ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਿਛਲੇ ਸਮੇਂ ਵਿੱਚ ਕਈ ਵਾਰ ਮੀਟਿੰਗਾਂ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਤੱਥਾਂ ਅਤੇ ਦਸਤਾਵੇਜਾਂ ਸਮੇਤ ਰੱਖੀ ਗਈ ਹੈ। ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਮੀਟਿੰਗਾਂ ਤੋਂ ਬਾਅਦ ਹਰ ਵਾਰ ਡੰਗ ਟਪਾਉਣ ਦੀ ਨੀਤੀ ਹੀ ਅਪਣਾਈ ਗਈ। ਹੁਣ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਇਸ ਅੜੀਅਲ ਰਵਈਏ ਦੇ ਵਿਰੁੱਧ ਰੋਸ ਪ੍ਰਗਟ ਕਰਨ ਲਈ 17 ਨਵੰਬਰ 2024 ਨੂੰ ਕੈਬਨਟ ਸਬ ਕਮੇਟੀ ਦੇ ਮੈਂਬਰ ਕੈਬਨਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੇ ਘਰ ਅੱਗੇ ਕਾਲੇ ਚੋਲੇ ਪਾ ਕੇ ਸੂਬਾ ਪੱਧਰੀ ਸਮੂਹਿਕ ਵਫਦ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ ਨੋਟੀਫਿਕੇਸ਼ਨ ਦੀ ਦੂਜੀ ਬਰਸੀ ਮਨਾਈ ਜਾਵੇਗੀ ਅਤੇ ਸਵਾਲ ਪੁੱਛਿਆ ਜਾਵੇਗਾ ਕਿ ਜੇਕਰ ਤੁਸੀਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕਰਨੀ ਸੀ ਤਾਂ ਪੰਜਾਬ ਦੇ ਢਾਈ ਲੱਖ ਐਨਪੀਐਸ ਪੀੜਿਤ ਮੁਲਾਜ਼ਮਾਂ ਨਾਲ ਝੂਠ ਕਿਉਂ ਬੋਲਿਆ ਹੈ ? ਇਸ ਤੋਂ ਬਾਅਦ ਅਗਲੇ ਕੈਬਨਟ ਸਬ ਕਮੇਟੀ ਦੇ ਮੈਂਬਰਾਂ ਨੂੰ ਵੀ ਉਹਨਾਂ ਦੇ ਘਰਾਂ ਅੱਗੇ ਜਾ ਕੇ ਸਵਾਲ ਪੁੱਛੇ ਜਾਣਗੇ। ਇਸ ਤੋਂ ਇਲਾਵਾ ਆਗੂਆਂ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਪੰਜਾਬ ਯੂਟੀ ਸਾਂਝਾ ਫਰੰਟ ਦੇ 3 ਨਵੰਬਰ ਚੱਭੇਵਾਲ, 7 ਨਵੰਬਰ ਗਿੱਦੜਵਾਹਾ, 9 ਨਵੰਬਰ ਡੇਰਾ ਬਾਬਾ ਨਾਨਕ, 10 ਨਵੰਬਰ ਬਰਨਾਲਾ ਵਿਖੇ ਜਿਮਨੀ ਚੋਣਾਂ ਦੌਰਾਨ ਕੀਤੇ ਜਾ ਰਹੇ ਐਕਸ਼ਨਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਹਨਾਂ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਪੰਜਾਬ ਯੂਟੀ ਸਾਂਝਾ ਫਰੰਟ ਦੇ ਐਕਸ਼ਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ 17 ਨਵੰਬਰ ਦੇ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।







