ਜਲੰਧਰ,(ਕਰਨਬੀਰ ਸਿੰਘ) 15 ਜਨਵਰੀ: ਗੈਂਗਸਟਰਾਂ ਦੁਆਲੇ ਸ਼ਿਕੰਜਾ ਹੋਰ ਕਸਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਗੋਲਡੀ ਬਰਾੜ ਗੈਂਗ ਦੇ ਦੋ ਖ਼ੌਫ਼ਨਾਕ ਗੈਂਗਸਟਰਾਂ ਨੂੰ ਇੱਕ ਭਿਆਨਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਇੱਕ ਮੁਲਜ਼ਿਮ ਜ਼ਖ਼ਮੀ ਹੋ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਦੋ ਬਦਨਾਮ ਗੈਂਗਸਟਰ ਬਲਰਾਜ ਸਿੰਘ ਉਰਫ ਬੱਲੂ ਅਤੇ ਪਵਨ ਕੁਮਾਰ, ਜੋ ਕਿ ਖੋਹ, ਕਤਲ ਦੀ ਕੋਸ਼ਿਸ਼ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ, ਸ਼ਹਿਰ ਵਿੱਚ ਘੁੰਮ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗਰੋਹ ਦੇ ਇਹ ਮੁੱਖ ਮੈਂਬਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ, ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਬੈਰੀਕੇਡ ਲਗਾ ਕੇ ਨਾਕਾਬੰਦੀ ਕੀਤੀ | ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਪੁਲੀਸ ਨੇ ਸ਼ੱਕੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬਲਰਾਜ ਸਿੰਘ ਨੇ ਪੁਲੀਸ ’ਤੇ ਅਚਾਨਕ ਗੋਲੀ ਚਲਾ ਦਿੱਤੀ।ਪੁਲਿਸ ਕਮਿਸ਼ਨਰ ਨੇ ਪੁਲਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਬਲਰਾਜ ਸਿੰਘ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਦੂਜੇ ਮੁਲਜ਼ਮ ਪਵਨ ਕੁਮਾਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਕੁਝ ਦੇਰ ਬਾਅਦ ਹੀ ਉਸ ਨੂੰ ਕਾਬੂ ਕਰ ਲਿਆ ਗਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਪਾਸੋਂ ਪਿਸਤੌਲ 32 ਬੋਰ ਸਮੇਤ 12 ਕਾਰਤੂਸ, ਇੱਕ ਪਿਸਤੌਲ 9 ਐਮਐਮ ਸਮੇਤ ਇੱਕ ਕਾਰਤੂਸ ਅਤੇ ਹੁੰਡਈ ਆਈ 20 ਕਾਰ ਬਰਾਮਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਐਫ.ਆਈ.ਆਰ 08 ਮਿਤੀ 15-01-2025 ਅਧੀਨ 221,132,109 ਬੀ.ਐਨ.ਐਸ., 25/27-54-59 ਅਸਲਾ ਐਕਟ ਥਾਣਾ ਭਾਰਗੋ ਕੈਂਪ ਜਲੰਧਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਲਰਾਜ ਖ਼ਿਲਾਫ਼ ਪਹਿਲਾਂ ਹੀ ਤਿੰਨ ਕੇਸ ਪੈਂਡਿੰਗ ਹਨ ਜਦਕਿ ਪਵਨ ਖ਼ਿਲਾਫ਼ ਪਹਿਲਾਂ ਹੀ ਦੋ ਕੇਸ ਦਰਜ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਵੇਰਵੇ ਹਨ ਤਾਂ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।







