ਜਲੰਧਰ :7/ਮਈ. (ਕਰਨ) ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੰਗਾਮੀ ਹਾਲਾਤ ਦੌਰਾਨ ਅਹਿਤਿਆਤ ਵਰਤਣ ਲਈ ਅਕਸਰ ਹੀ ਮੌਕ ਡਰਿੱਲ ਕਰਵਾਈ ਜਾਂਦੀ ਹੈ ਅਤੇ ਇਹ ਇਕ ਰੁਟੀਨ ਦੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਭਿਆਸ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀ ਹੈ।ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਕੋਈ ਵੀ ਅਧਿਕਾਰੀ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਛੁੱਟੀ ਅਪਲਾਈ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਹਿਤਿਆਤ ਪਖੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹੱਦ ਵਿੱਚ ਬਿਨ੍ਹਾਂ ਆਗਿਆ ਡਰੋਨ ਦੀ ਵਰਤੋਂ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।ਡਾ. ਅਗਰਵਾਲ ਨੇ ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿ ਕੇ ਆਪਣੇ ਪਿੰਡ ਅਤੇ ਵਾਰਡ ਵਾਸੀਆਂ ਨੂੰ ਵੀ ਜਾਗਰੂਕ ਕਰਨ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸ਼ੱਕੀ ਵਿਅਕਤੀ ਧਿਆਨ ਵਿੱਚ ਆਉਂਦਾ ਹੈ, ਤਾਂ ਤੁਰੰਤ ਇਸ ਦੀ ਸੂਚਨਾ ਨੇੜਲੇ ਥਾਣੇ ਵਿੱਚ ਦਿੱਤੀ ਜਾਵੇ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।
Government of Punjab
DC Jalandhar Himanshu Aggarwal IAS
#jalandhar #DistrictAdministration







